You’re viewing a text-only version of this website that uses less data. View the main version of the website including all images and videos.
ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ: ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ, ਅੱਜ ਪੂਰੇ ਮਾਮਲੇ ਵਿੱਚ ਕੀ-ਕੀ ਹੋਇਆ
ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੀ ਪੁਸ਼ਟੀ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੂੰ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕੀਤੀ ਹੈ।
ਦੂਜੇ ਪਾਸੇ ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਕਿਹਾ, “ਸੱਚਾਈ ਅਤੇ ਇਨਸਾਫ਼ 'ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।”
ਦਰਅਸਲ, ਬੀਤੇ ਦਿਨੀਂ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉੱਤੇ ਖੁਦਕੁਸ਼ੀ ਕੀਤੀ ਸੀ।
ਇਸ ਮਾਮਲੇ ਵਿੱਚ ਪੁਲਿਸ ਐੱਫਆਈਆਰ ਵਿੱਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।
ਮ੍ਰਿਤਕ ਗਗਨਦੀਪ ਸਿੰਘ ਦੇ ਪਤਨੀ ਵੱਲੋਂ ਦਰਜ ਕਰਵਾਈ ਗਈ ਇਸ ਐੱਫਆਈਆਰ ਵਿੱਚ ਸ਼ਿਕਾਇਤ ਕੀਤੀ ਗਈ ਹੈ ਕਿ 'ਲਾਲਜੀਤ ਸਿੰਘ ਭੁੱਲਰ ਵੱਲੋਂ ਉਨ੍ਹਾਂ ਦੇ ਪਤੀ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਕਿ ਗੋਦਾਮਾਂ ਦੀ ਉਸਾਰੀ ਦਾ ਟੈਂਡਰ ਉਨ੍ਹਾਂ (ਲਾਲਜੀਤ ਭੁੱਲਰ) ਦੇ ਪਿਤਾ ਦੇ ਨਾਮ ਮਨਜ਼ੂਰ ਕੀਤੇ ਜਾਣ।'
ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਉੱਤੇ ਬਿਆਨ ਜਾਰੀ ਕਰਕੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ।
ਗ੍ਰਿਫ਼ਤਾਰੀ ਬਾਰੇ ਲਾਲਜੀਤ ਭੁੱਲਰ ਕੀ ਬੋਲੇ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਫੇਸਬੁੱਕ 'ਤੇ ਇੱਕ ਪੋਸਟ ਪਾ ਕੇ ਆਤਮ-ਸਮਰਪਣ ਦੀ ਗੱਲ ਆਖੀ ਹੈ।
ਉਨ੍ਹਾਂ ਨੇ ਲਿਖਿਆ, "ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਨ੍ਹਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫ਼ੈਸਲਾ ਉਨ੍ਹਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ।"
"ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ 'ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ 'ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸੱਚਾਈ ਅਤੇ ਇਨਸਾਫ 'ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।"
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਇੱਕ ਪੋਸਟ ਪਾ ਕੇ ਲਿਖਿਆ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹਾਲਾਂਕਿ, ਉਨ੍ਹਾਂ ਨੇ ਆਪਣੀ ਪੋਸਟ ਵਿੱਚ ਕਿਸੇ ਦਾ ਨਾਮ ਨਹੀਂ ਲਿਖਿਆ।
ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ਹੈ, "ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ। ਪੰਜਾਬ 'ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ। ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ। ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।"
ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਐਕਸ ਹੈਂਡਲ ਉੱਤੇ ਲਿਖਿਆ ਹੈ, "ਹਾਲ ਹੀ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਮੰਤਰੀ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਸਨ। ਸਾਡੀ ਸਰਕਾਰ ਨੇ ਬਿਨਾਂ ਕਿਸੇ ਦੇਰੀ ਜਾਂ ਪੱਖਪਾਤ ਦੇ ਉਸ ਮੰਤਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਅਤੇ ਨਾ ਸਿਰਫ਼ ਉਸ ਨੂੰ ਉਸਦੇ ਅਹੁਦੇ ਤੋਂ ਹਟਾ ਦਿੱਤਾ ਸਗੋਂ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ।"
"ਇਸ ਦੇ ਉਲਟ, ਕੁਝ ਸਮਾਂ ਪਹਿਲਾਂ ਹਰਿਆਣਾ ਵਿੱਚ ਇੱਕ ਏਡੀਜੀਪੀ ਨੇ ਖੁਦਕੁਸ਼ੀ ਕਰ ਲਈ। ਕਈ ਵਿਅਕਤੀਆਂ 'ਤੇ ਗੰਭੀਰ ਇਲਜ਼ਾਮ ਲਗਾਏ ਗਏ ਸਨ, ਫਿਰ ਵੀ ਉਨ੍ਹਾਂ ਦੀ ਪੂਰੀ ਪਾਰਟੀ ਅਤੇ ਸਰਕਾਰ ਮੁਲਜ਼ਮਾਂ ਦੇ ਸਮਰਥਨ ਵਿੱਚ ਸਾਹਮਣੇ ਆਈ।"
"ਇਹ ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਬੁਨਿਆਦੀ ਅੰਤਰ ਹੈ। ਜਦੋਂ ਨਿਆਂ ਦੀ ਗੱਲ ਆਉਂਦੀ ਹੈ, ਤਾਂ ਆਮ ਆਦਮੀ ਪਾਰਟੀ ਆਪਣੀ ਹੀ ਸਰਕਾਰ ਦੇ ਅੰਦਰ ਇੱਕ ਮੰਤਰੀ ਵਿਰੁੱਧ ਵੀ ਕਾਰਵਾਈ ਕਰਨ ਤੋਂ ਝਿਜਕਦੀ ਨਹੀਂ ਹੈ, ਜਦਕਿ ਭਾਜਪਾ ਆਪਣੇ ਹੀ ਲੋਕਾਂ ਨੂੰ ਬਚਾਉਣ ਲਈ ਖੁਦ ਨਿਆਂ ਦੀ ਕੁਰਬਾਨੀ ਦਿੰਦੀ ਹੈ।"
ਮਹੱਤਵਪੂਰਨ ਸੂਚਨਾ
(ਖੁਦਕੁਸ਼ੀ ਇੱਕ ਗੰਭੀਰ ਮਨੋਵਿਗਿਆਨਕ ਅਤੇ ਸਮਾਜਿਕ ਸਮੱਸਿਆ ਹੈ। ਜੇਕਰ ਤੁਸੀਂ ਵੀ ਤਣਾਅ ਵਿੱਚੋਂ ਗੁਜ਼ਰ ਰਹੇ ਹੋ, ਤਾਂ ਤੁਸੀਂ ਭਾਰਤ ਸਰਕਾਰ ਦੀ ਜੀਵਨਸਾਥੀ ਹੈਲਪਲਾਈਨ 18002333330 ਤੋਂ ਮਦਦ ਲੈ ਸਕਦੇ ਹੋ। ਤੁਹਾਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਵੀ ਗੱਲ ਕਰਨੀ ਚਾਹੀਦੀ ਹੈ।)
ਸੰਸਦ ਵਿੱਚ ਗੂੰਜਿਆ ਮਾਮਲਾ
ਇਹ ਮਾਮਲਾ ਅੱਜ ਲੋਕ ਸਭਾ ਅਤੇ ਰਾਜ ਸਭਾ ਵਿੱਚ ਚੁੱਕਿਆ ਅਤੇ ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਬਾਰੇ ਪ੍ਰਤੀਕਿਰਆ ਦਿੱਤੀ।
ਦਰਅਸਲ, ਜਦੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਮਾਮਲਾ ਚੁੱਕਿਆ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ, "ਪੰਜਾਬ ਦੇ ਸਾਰੇ ਸੰਸਦ ਮੈਂਬਰ ਮੈਨੂੰ ਇਹ ਲਿਖ ਕੇ ਦੇਣ ਕਿ ਮਾਮਲਾ ਸੀਬੀਆਈ ਨੂੰ ਟਰਾਂਸਫਰ ਕੀਤਾ ਜਾਵੇ, ਤਾਂ ਮੈਂ ਤੁਰੰਤ ਇਹ ਕਾਰਵਾਈ ਕਰ ਦਿਆਂਗਾ।"
ਸੰਸਦ ਵਿੱਚ ਗਗਨਦੀਪ ਸਿੰਘ ਰੰਧਾਵਾ ਕਥਿਤ ਖੁਦਕੁਸ਼ੀ ਮਾਮਲਾ ਚੁੱਕਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ, "ਵੇਅਰਹਾਊਸ ਦੇ ਡੀਐੱਮ 'ਤੇ ਦਬਾਅ ਬਣਾਇਆ ਗਿਆ ਅਤੇ ਉਸ ਨੂੰ ਧਮਕਾਇਆ ਗਿਆ। ਡੀਐੱਮ ਨੇ ਇੱਕ ਹਫ਼ਤਾ ਲਗਾਤਾਰ ਅਪੀਲਾਂ ਕੀਤੀਆਂ, ਪਰ ਕੋਈ ਸੁਣਵਾਈ ਨਾ ਹੋਣ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।"
"ਸੁਸਾਈਡ ਤੋਂ ਬਾਅਦ ਵੀ ਤੁਰੰਤ ਪਰਚਾ ਦਰਜ ਨਹੀਂ ਕੀਤਾ ਗਿਆ ਅਤੇ ਲਗਭਗ 18 ਘੰਟਿਆਂ ਦੀ ਮਸ਼ਕਤ ਮਗਰੋਂ ਐੱਫਆਈਆਰ ਦਰਜ ਹੋਈ। ਮੰਤਰੀ ਵੱਲੋਂ ਟੈਂਡਰ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਮੇਰੀ ਮੰਗ ਹੈ ਕਿ ਐੱਨਆਈਏ ਕੋਲੋਂ ਜਾਂਚ ਕਰਵਾਈ ਜਾਵੇ।"
ਇਸੇ ਤਰ੍ਹਾਂ ਰਾਜ ਸਭਾ ਵਿੱਚ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਇਹ ਪਹਿਲੀ ਵਾਰ ਸਾਹਮਣੇ ਆਇਆ ਹੈ ਕਿ ਕਿਸੇ ਮੰਤਰੀ ਵੱਲੋਂ ਆਪਣੇ ਪਿਤਾ ਦੇ ਨਾਮ 'ਤੇ ਟੈਂਡਰ ਲੈਣ ਲਈ ਡੀਐੱਮ 'ਤੇ ਦਬਾਅ ਬਣਾਇਆ ਗਿਆ ਹੋਵੇ। ਡੀਐੱਮ ਗਗਨਦੀਪ ਸਿੰਘ ਨੇ ਆਪਣੇ ਡੀਸੀ ਅਤੇ ਐੱਮਡੀ ਨੂੰ ਚਿੱਠੀ ਲਿਖੀ ਸੀ ਪਰ ਕੋਈ ਸੁਣਵਾਈ ਨਾ ਹੁੰਦੀ ਵੇਖ ਕੇ ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇਹ ਵੱਡਾ ਕਦਮ ਚੁੱਕਿਆ।"
ਇਸ ਬਾਅਦ ਸੰਸਦ ਮੈਂਬਰ ਹਰਮਿਸਰਤ ਕੌਰ ਬਾਦਲ, ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਧਰਮਵੀਰ ਗਾਂਧੀ ਨੇ ਅਮਿਤ ਸ਼ਾਹ ਨੂੰ ਸੀਬੀਆਈ ਨੂੰ ਜਾਂਚ ਸੌਂਪਣ ਲਈ ਚਿੱਠੀ ਭੇਜ ਦਿੱਤੀ ਹੈ।
ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ, ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫਿਲਹਾਲ ਲਾਲਜੀਤ ਸਿੰਘ ਭੁੱਲਰ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਤਾਂ ਜੋ ਜਾਂਚ 'ਤੇ ਕੋਈ ਅਸਰ ਨਾ ਪਵੇ।
ਉਨ੍ਹਾਂ ਨੇ ਕਿਹਾ, "ਜਾਂਚ ਜਾਰੀ ਹੈ, ਜੋ ਵੀ ਨਤੀਜਾ ਆਵੇਗਾ ਜਨਤਾ ਸਾਹਮਣੇ ਰੱਖਿਆ ਜਾਵੇਗਾ ਅਤੇ ਉਸੇ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਬਿਲਕੁਲ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ।"
ਪੂਰਾ ਮਾਮਲਾ
ਡਿਸਟ੍ਰਿਕ ਮੈਨੇਜਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਵਿੱਚ ਲੰਘੀ 21 ਮਾਰਚ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਹੋ ਗਈ ਹੈ।
ਇਸ ਦੇ ਨਾਲ ਹੀ ਗਗਨਦੀਪ ਰੰਧਾਵਾ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲਾਲਜੀਤ ਸਿੰਘ ਭੁੱਲਰ 'ਤੇ ਗੰਭੀਰ ਇਲਜ਼ਾਮ ਲਗਾ ਰਹੇ ਹਨ। ਰਿਸ਼ਤੇਦਾਰਾਂ ਦੇ ਮੁਤਾਬਕ, "ਉਨ੍ਹਾਂ 'ਤੇ ਆਪਣੇ ਪਿਤਾ ਦੇ ਹੱਕ ਵਿੱਚ ਟੈਂਡਰ ਪਾਸ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ। ਜਦੋਂ ਟੈਂਡਰ ਉਨ੍ਹਾਂ ਦੀ ਮਰਜ਼ੀ ਅਨੁਸਾਰ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਨਾਲ ਕੁੱਟਮਾਰ ਅਤੇ ਮਾਨਸਿਕ ਸ਼ੋਸ਼ਣ ਵੀ ਕੀਤਾ ਗਿਆ।"
ਪੁਲਿਸ ਮੁਤਾਬਕ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਨੂੰ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਈਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਇਸ ਵਿਚਾਲੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰੀ ਵੀ ਹੋ ਗਈ ਹੈ।
ਖੁਦਕੁਸ਼ੀ ਕਰਨ ਵਾਲੇ ਮੁਲਾਜ਼ਮ ਦਾ ਪਰਿਵਾਰ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਦੀ ਮੰਗ 'ਤੇ ਅੜਿਆ ਹੋਇਆ ਸੀ। ਮ੍ਰਿਤਕ ਦੀ ਪਤਨੀ ਨੇ ਕਿਹਾ ਸੀ ਕਿ ਜਦੋਂ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ, ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਉਧਰ, ਮ੍ਰਿਤਕ ਦੀ ਪਤਨੀ ਓਪਿੰਦਰ ਕੌਰ ਨੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਆਂ ਲਈ ਉਨ੍ਹਾਂ ਦੇ ਨਾਲ ਆਉਣ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ