ਤਰਨ ਤਾਰਨ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਕਤਲ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਹੁਣ ਤੱਕ ਕੀ-ਕੀ ਪਤਾ ਲੱਗਾ

ਸਰਪੰਚ ਹਰਬਰਿੰਦਰ ਸਿੰਘ

ਤਸਵੀਰ ਸਰੋਤ, sources by RS Robin

ਤਸਵੀਰ ਕੈਪਸ਼ਨ, ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਦੇਖਣ ਨੂੰ ਮਿਲੀ।
    • ਲੇਖਕ, ਰਵਿੰਦਰ ਸਿੰਘ ਰੌਬਿਨ
    • ਰੋਲ, ਬੀਬੀਸੀ ਸਹਿਯੋਗੀ
  • ਪੜ੍ਹਨ ਦਾ ਸਮਾਂ: 5 ਮਿੰਟ

ਤਰਨ ਤਾਰਨ ਦੇ ਪੱਟੀ ਹਲਕੇ ਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਬੁੱਧਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ 'ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ।

ਪੁਲਿਸ ਮੁਤਾਬਕ ਪਿੰਡ ਠੱਠੀਆਂ ਮਹੰਤਾਂ ਤੋਂ 'ਆਪ' ਦੇ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਤਰਨ ਤਾਰਨ ਦੇ ਸਿੱਧੂ ਫਾਰਮ ਵਿੱਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸੀ।

ਇਸੇ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਹਰਬਰਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜੋ ਹਮਲਾਵਰਾਂ ਦਾ ਪਿੱਛਾ ਕਰਨ ਗਿਆ ਸੀ।

ਜ਼ਖਮੀ ਦੀ ਪਛਾਣ ਜਰਮਨਦੀਪ ਸਿੰਘ ਵਜੋਂ ਹੋਈ ਹੈ।

ਪੰਜਾਬ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਜਿੱਥੇ ਇਸ ਘਟਨਾ ਦੀ ਨਿੰਦਾ ਕੀਤੀ ਹੈ, ਉੱਥੇ ਹੀ ਪੰਜਾਬ ਸਰਕਾਰ ਉਪਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਵੀ ਖੜ੍ਹੇ ਕੀਤੇ ਹਨ।

ਪੁਲਿਸ ਨੇ ਕੀ ਦੱਸਿਆ

ਐੱਸਐੱਸਪੀ ਸੁਰਿੰਦਰ ਲਾਂਬਾ, ਤਰਨ ਤਾਰਨ ਪੁਲਿਸ
ਤਸਵੀਰ ਕੈਪਸ਼ਨ, ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

ਤਰਨ ਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਹ ਘਟਨਾ ਤਰਨ ਤਾਰਨ ਦੇ ਸਿੱਧੂ ਫਾਰਮ ਵਿੱਚ ਵਾਪਰੀ ਹੈ।

ਉਨ੍ਹਾਂ ਦੱਸਿਆ, "ਸਿੱਧੂ ਫਾਰਮ ਵਿੱਚ ਹਰਬਰਿੰਦਰ ਸਿੰਘ ਵਿਆਹ ਸਮਾਗਮ ਵਿੱਚ ਪਹੁੰਚੇ ਸਨ, ਜਿੱਥੇ ਦੋ ਅਣਪਛਾਤਿਆਂ ਨੇ ਉਨ੍ਹਾਂ ਉਪਰ ਹਮਲਾ ਕਰ ਕੀਤਾ, ਜਿਸ ਵਿੱਚ ਉਨ੍ਹਾਂ ਦੇ ਗੋਲੀ ਲੱਗੀ। ਇਸ ਦੌਰਾਨ ਉਨ੍ਹਾਂ ਨੂੰ ਹਸਪਤਾਲ ਲਿਜਾਂਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਕੇ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਰਾਸ ਫਾਇਰਿੰਗ ਵਿੱਚ ਉਸ ਦੇ ਵੀ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।"

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਇਹ ਕਿਸੇ ਤਰ੍ਹਾਂ ਦੀ ਫਿਰੌਤੀ ਦਾ ਮਾਮਲਾ ਨਹੀਂ ਸੀ।

ਉਹਨਾਂ ਕਿਹਾ, "ਹੁਣ ਤੱਕ ਜਾਂਚ-ਪੜਤਾਲ ਵਿੱਚ ਜੋ ਸਾਹਮਣੇ ਆਇਆ, ਇਸ ਮਾਮਲੇ ਵਿੱਚ ਨਿੱਜੀ ਰੰਜ਼ਿਸ਼ ਹੋਣ ਦਾ ਸੰਭਾਵਨਾ ਜ਼ਿਆਦਾ ਹੈ।"

ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਸ ਮਾਮਲੇ ਲਈ ਚਾਰ ਟੀਮਾਂ ਤੁਰੰਤ ਲਗਾਈਆਂ ਗਈਆਂ ਹਨ।

ਇਸ ਘਟਨਾ ਵਿੱਚ ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਦੋ ਪੁਲਿਸ ਅਧਿਕਾਰੀ ਮੁਅੱਤਲ

ਪੰਜਾਬ ਸਰਕਾਰ ਦੇ ਬਿਆਨ ਮੁਤਾਬਕ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਐੱਸਪੀ ਪੱਟੀ ਜਗਬੀਰ ਸਿੰਘ ਅਤੇ ਐੱਸਐੱਚਓ ਸਰਹਾਲੀ ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।

ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਗੱਲ ਦੁਹਰਾਈ ਹੈ।

ਵਿਰੋਧੀਆਂ ਨੇ ਘੇਰੀ ਪੰਜਾਬ ਸਰਕਾਰ

ਬਿਕਰਮ ਮਜੀਠੀਆ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਲਾਏ ਹਨ।

ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਦੇਖਣ ਨੂੰ ਮਿਲੀ।

ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸੇਧੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਐਕਸ ਉਪਰ ਪੋਸਟ ਕਰਦਿਆਂ ਲਿਖਿਆ, "ਹਲਕਾ ਪੱਟੀ ਦੇ ਪਿੰਡ ਠੱਠੀਆਂ ਮਹੰਤਾਂ ਤੋਂ ਮੌਜੂਦਾ ਸਰਪੰਚ ਹਰਪਿੰਦਰ ਸਿੰਘ ਦੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਾ ਹੋਇਆ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਇਹ ਕਤਲ ਪੰਜਾਬ ਦੀ ਵਿਗੜੀ ਹੋਈ ਅਮਨ-ਕਾਨੂੰਨ ਦੀ ਸਥਿਤੀ ਦਾ ਸਿਖ਼ਰ ਹੈ। ਗੁਰਦੁਆਰਾ ਸਾਹਿਬ, ਮੰਦਰ, ਐੱਸਐੱਸਪੀ ਦਫ਼ਤਰ, ਪੁਲਿਸ ਚੌਂਕੀਆਂ 'ਚ ਬੰਬ ਬਲਾਸਟ ਅਤੇ ਮੋਹਾਲੀ ਵਰਗੇ ਸ਼ਹਿਰ 'ਚ ਹੋਏ ਕਤਲ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਫੇਲ੍ਹ ਹੋਣ ਦਾ ਸਬੂਤ ਹਨ।"

ਉਨ੍ਹਾਂ ਅੱਗੇ ਲਿਖਿਆ, "ਅੱਜ ਜ਼ਰੂਰਤ ਹੈ ਪੰਜਾਬ ਨੂੰ ਪਰਮਾਨੈਂਟ ਡੀਜੀਪੀ ਦੀ ਜੋ ਸਹੀ ਅਤੇ ਸਖ਼ਤ ਫੈਸਲੇ ਲੈ ਕੇ ਬਾਰਡਰ ਸਟੇਟ ਦਾ ਲਾਅ ਐਂਡ ਆਰਡਰ ਦਰੁੱਸਤ ਕਰ ਸਕੇ। ਪੰਜਾਬ ਦੀ ਵਿਗੜੀ ਹੋਈ ਲਾਅ ਐਂਡ ਆਰਡਰ ਦੀ ਸਥਿਤੀ ਅਤੇ ਬਾਰਡਰ ਏਰੀਆ ਵਿੱਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਅਤੇ ਆਰਜ਼ੀ ਡੀਜੀਪੀ ਗੌਰਵ ਯਾਦਵ ਤੁਰੰਤ ਅਸਤੀਫ਼ਾ ਦੇਣ।"

ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ

ਤਸਵੀਰ ਸਰੋਤ, amarinder singh raja warring/partap singh bajwa/FB

ਤਸਵੀਰ ਕੈਪਸ਼ਨ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ

ਕਾਂਗਰਸ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ਉਪਰ ਪੋਸਟ ਕਰਦਿਆਂ ਲਿਖਿਆ, "ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ, ਇੱਥੋਂ ਤੱਕ ਕਿ 'ਆਪ' ਦੇ ਆਗੂ ਵੀ ਨਹੀਂ। ਕਾਨੂੰਨ ਵਿਵਸਥਾ ਵਿਗੜੀ ਹੋਈ ਹੈ ਅਤੇ ਕੋਈ ਜਵਾਬਦੇਹੀ ਨਹੀਂ ਹੈ। ਇੱਕ ਵਿਆਹ ਸਮਾਗਮ ਵਿੱਚ ਤਰਨ ਤਾਰਨ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬਹੁਤ ਹੋ ਗਿਆ, ਪੰਜਾਬ ਇਨਸਾਫ਼ ਮੰਗਦਾ ਹੈ, ਚੁੱਪੀ ਨਹੀਂ।"

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਐਕਸ ਉਪਰ ਪੋਸਟ ਕਰ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਉਪਰ ਸਵਾਲ ਚੁੱਕੇ ਹਨ।

ਉਨ੍ਹਾਂ ਲਿਖਿਆ, "ਤਰਨ ਤਾਰਨ ਵਿੱਚ ਇੱਕ ਵਿਆਹ ਦੌਰਾਨ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਹੈਰਾਨ ਕਰਨ ਵਾਲੀ ਗਿਰਾਵਟ ਨੂੰ ਉਜਾਗਰ ਕਰਦਾ ਹੈ। ਭਗਵੰਤ ਮਾਨ ਅਤੇ 'ਆਪ' ਸਰਕਾਰ ਦੇ ਰਾਜ ਵਿੱਚ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ। ਬਾਰਡਰ ਦੇ ਜ਼ਿਲ੍ਹੇ ਕ੍ਰਾਇਮ ਜ਼ੋਨ ਬਣ ਰਹੇ ਹਨ ਅਤੇ ਸੂਬਾ ਡਰ ਦੇ ਸਾਏ ਵਿੱਚ ਧੱਕਿਆ ਜਾ ਰਿਹਾ ਹੈ।"

'ਆਪ' ਦੇ ਮੰਤਰੀ ਲਾਲਜੀਤ ਭੁੱਲਰ ਨੇ ਕੀ ਕਿਹਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੱਜੇ ਸਰਪੰਚ ਹਰਬਰਿੰਦਰ ਸਿੰਘ

ਤਸਵੀਰ ਸਰੋਤ, sourced by Ravinder singh robin

ਤਸਵੀਰ ਕੈਪਸ਼ਨ, ਖੱਬੇ ਪਾਸੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸੱਜੇ ਸਰਪੰਚ ਹਰਬਰਿੰਦਰ ਸਿੰਘ

ਇਸ ਮਾਮਲੇ 'ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦੋਸ਼ੀਆਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਨੇ ਵੀ ਇਹ ਵਾਰਦਾਤ ਕੀਤੀ ਹੈ, ਉਹ ਕਾਨੂੰਨ ਤੋਂ ਨਹੀਂ ਬਚ ਸਕੇਗਾ।

ਭੁੱਲਰ ਨੇ ਕਿਹਾ ਕਿ ਮ੍ਰਿਤਕ ਇੱਕ ਭਲਾ ਇਨਸਾਨ ਸੀ, ਉਸ ਨੂੰ ਨਾ ਤਾਂ ਕੋਈ ਫਿਰੌਤੀ ਕਾਲ ਆਈ ਸੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਧਮਕੀ ਮਿਲੀ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)